Saturday 10 March 2012

ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ

ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ
ਦੂਸਰੇ ਹੈ ਨਜ਼ਮ ਸੋ ਨਾਰਾਜ਼ ਹੈ

ਇਹ ਹੈ ਮੇਰੀ ਨਜ਼ਮ ਦੀ ਨਰਾਜ਼ਗੀ
ਪਿੰਜਰਾ ਹਾਂ ਮੈਂ ਤੇ ਉਹ ਪਰਵਾਜ਼ ਹੈ

ਕੁਛ ਨਾ ਕਹਿ ਖਾਮੋਸ਼ ਰਹਿ ਓ ਸ਼ਾਈਰਾ
ਸਭ ਨੂੰ ਤੇਰੇ ਕਹਿਣ ਤੇ ਇਤਰਾਜ਼ ਹੈ

ਸੁਣ ਤੇਰੀ ਆਵਾਜ਼ ਉਹ ਆ ਜਾਣਗੇ
ਹੱਥ ਜਿਨਾਂ ਦੇ ਸੀਨੇ-ਵਿੰਨਵਾਂ ਸਾਜ਼ ਹੈ

ਗੀਤ ਤੇਰੇ ਮੁਖਬਰੀ ਕਰ ਦੇਣਗੇ
ਤੇਰੀ ਹਿਕ ਵਿਚ ਰੌਸ਼ਨੀ ਦਾ ਰਾਜ਼ ਹੈ

ਜੋ ਜਗੇ ਉਸ ਦਾ ਨਿਸ਼ਾਨਾ ਬੰਨਦਾ
ਰਾਤ ਦਾ ਹਾਕਮ ਨਿਸ਼ਾਨੇਬਾਜ਼ ਹੈ

ਉਹ ਕਿ ਜਿਸ ਦੀ ਜਾਨ ਹੀ ਨੇਰੇ 'ਚ ਹੈ
ਉਸ ਨੂੰ ਸਾਡੇ ਜਗਣ ਤੇ ਇਤਰਾਜ਼ ਹੈ

ਤਗਮਿਆਂ ਦੀ ਥਾਂ ਤੇ ਹਿਕ ਵਿਚ ਗੋਲੀਆਂ
ਇਹ ਵੀ ਇਕ ਸਨਮਾਨ ਦਾ ਅੰਦਾਜ਼ ਹੈ

ਇਹ ਨਹੀਂ ਆਕਾਸ਼ਵਾਣੀ ਦੋਸਤੋਂ
ਇਹ ਤਾਂ ਧੁਖਦੀ ਧਰਤ ਦੀ ਆਵਾਜ਼ ਹੈ......lll

No comments:

Post a Comment